ਸਥਾਪਨਾ ਦਿਵਸ ਇਤਿਹਾਸਕ ਬਣਾਉਣ ਲਈ ਬਾਦਲ ਨੇ ਦਿਨ-ਰਾਤ ਇੱਕ ਕੀਤਾ
ਚੰਡੀਗੜ੍ਹ ਹਰੀਸ਼ ਚੰਦਰ ਬਾਗਾਂਵਾਲਾ-ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਸਾਈ ਹੋਈ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ 350ਵੇਂ ਸਥਾਪਨਾ ਦਿਵਸ ਮੌਕੇ 19 ਜੂਨ, 2015 ਨੂੰ ਕਰਵਾਏ ਜਾ ਰਹੇ ਕੌਮਾਂਤਰੀ ਪੱਧਰ ਦੇ ਸਮਾਰੋਹ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਦੇ ਆਉਣ-ਜਾਣ ਦੇ ਪੁਖਤਾ ਪ੍ਰਬੰਧ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਦੂਜੇ ਦਿਨ ਵੀ 10 ਜ਼ਿਲ੍ਹਿਆਂ ਦੇ ਅਕਾਲੀ-ਭਾਜਪਾ ਦੇ ਸੀਨੀਅਰ ਆਗੂਆਂ, ਕੈਬਨਿਟ ਮੰਤਰੀਆਂ, ਸੰਸਦ ਮੈਂਬਰ, ਮੁੱਖ ਸੰਸਦੀ ਸਕੱਤਰ, ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ
ਨਾਲ ਲ਼ੜੀਵਾਰ ਮੀਟਿੰਗਾਂ ਕੀਤੀਆਂ।ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਨੇ ਅੱਜ ਫਤਹਿਗੜ੍ਹ ਸਾਹਿਬ, ਪਟਿਆਲਾ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ, ਫਿਰੋਜ਼ਪੁਰ, ਅੰਮ੍ਰਿਤਸਰ, ਤਰਨ ਤਾਰਨ, ਲੁਧਿਆਣਾ ਤੇ ਮੋਗਾ ਜ਼ਿਲ੍ਹਿਆਂ ਦੇ ਅਕਾਲੀ-ਭਾਜਪਾ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਸਮਾਰੋਹ ਵਿੱਚ ਹਰੇਕ ਵਰਗ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ ਕਿ ਆਪਣੇ ਜੀਵਨ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ 350ਵੇਂ ਸਥਾਪਨਾ ਦਿਵਸ ਵਰਗੇ ਪਵਿੱਤਰ ਮੌਕੇ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਧਾਰਮਿਕ ਸਮਾਰੋਹ ਵਿੱਚ ਦੇਸ਼-ਵਿਦੇਸ਼ ਤੋਂ ਉੱਘੀਆਂ ਧਾਰਮਿਕ ਸ਼ਖਸੀਅਤਾਂ ਵੀ ਸ਼ਾਮਲ ਹੋਣਗੀਆਂ ਤਾਂ ਜੋ ਧਰਮ ਨਿਰਪੇਖਤਾ ਅਤੇ ਅਨੇਕਤਾ ਵਿੱਚ ਏਕਤਾ ਦੇ ਸੰਦੇਸ਼ ਨੂੰ ਸਹੀ ਮਾਅਨਿਆਂ ਵਿੱਚ ਉਭਾਰਿਆ ਜਾ ਸਕੇ।
19 ਜੂਨ ਨੂੰ ਪੰਜਾਬ ਭਰ ਤੋਂ ਸੰਗਤਾਂ ਨੂੰ ਲੈ ਕੇ ਪਹੁੰਚਣ ਵਾਲੀਆਂ ਬੱਸਾਂ ਦੀ ਆਵਾਜਾਈ ਦੇ ਸੁਚਾਰੂ ਪ੍ਰਬੰਧਾਂ ਲਈ ਮੁੱਖ ਮੰਤਰੀ ਨੇ ਏ.ਡੀ.ਜੀ.ਪੀ. (ਟ੍ਰੈਫਿਕ) ਨੂੰ ਆਖਿਆ ਕਿ ਹਰ ਵਿਧਾਨ ਸਭਾ ਹਲਕੇ ਵਿੱਚ ਸੀਨੀਅਰ ਪੁਲੀਸ ਅਧਿਕਾਰੀ ਦੀ ਅਗਵਾਈ ਵਿੱਚ ਟੀਮਾਂ ਕਾਇਮ ਕੀਤੀਆਂ ਜਾਣ ਜੋ ਬੱਸਾਂ ਨੂੰ ਮਿੱਥੇ ਟ੍ਰੈਫਿਕ ਰੂਟ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਪਹੁੰਚਾਉਣ ਵਿੱਚ ਸਹਿਯੋਗ ਕਰਨੀਆਂ। ਉਨ੍ਹਾਂ ਕਿਹਾ ਕਿ ਇਹ ਟੀਮਾਂ 19 ਜੂਨ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਦਾ ਦੌਰਾ ਕਰਕੇ ਬੱਸਾਂ ਦੀ ਪਾਰਕਿੰਗ ਲਈ ਜ਼ਿਲ੍ਹਾਵਾਰ ਅਲਾਟ ਕੀਤੀ ਜਗ੍ਹਾ ਦਾ ਨਿਰੀਖਣ ਕਰਨ ਤਾਂ ਕਿ ਸੰਗਤਾਂ ਨੂੰ ਆਉਣ-ਜਾਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਮੀਟਿੰਗ ਦੌਰਾਨ ਸ. ਬਾਦਲ ਨੇ 17 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ 'ਮਾਤਾ ਨਾਨਕੀ ਗੁਰਮਤਿ ਸੰਮੇਲਨ' ਵਿੱਚ ਸੰਗਤਾਂ ਦੇ ਪਹੁੰਚਣ ਲਈ ਵੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਤੋਂ ਬੀਬੀਆਂ ਇਸ ਸੰਮੇਲਨ ਵਿੱਚ ਪਹੁੰਚ ਕੇ ਮਾਤਾ ਨਾਨਕੀ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਨਗੀਆਂ। ਜ਼ਿਕਰਯੋਗ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤਗ ਬਹਾਦਰ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਨੀਂਹ 1665 ਈਸਵੀ ਨੂੰ ਜ਼ਮੀਨ ਖਰੀਦ ਕੇ ਰੱਖੀ ਸੀ ਅਤੇ ਉਨ੍ਹਾਂ ਨੇ ਇਸ ਨਗਰ ਦਾ ਨਾਂ ਆਪਣੀ ਸਤਿਕਾਰਯੋਗ ਮਾਤਾ ਨਾਨਕੀ ਜੀ ਦੇ ਨਾਮ 'ਤੇ 'ਚੱਕ ਨਾਨਕੀ' ਰੱਖਿਆ ਸੀ ਜੋ ਬਾਅਦ ਵਿੱਚ ਅਨੰਦਪੁਰ ਸਾਹਿਬ ਦੇ ਨਾਮ ਨਾਲ ਪ੍ਰਸਿੱਧ ਹੋਇਆ। ਇਸੇ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਸਿੱਖਿਆ ਮੰਤਰੀ ਤੇ ਸਕੱਤਰ ਸ਼੍ਰੋਮਣੀ ਅਕਾਲੀ ਦਲ ਡਾ. ਦਲਜੀਤ ਸਿੰਘ ਚੀਮਾ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ ਕਰ ਰਹੇ ਹਨ ਤਾਂ ਕਿ ਕਿਸੇ ਵੀ ਸ਼ਰਧਾਲੂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਮੀਟਿੰਗ ਵਿੱਚ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ, ਸ੍ਰੀ ਗੁਲਜ਼ਾਰ ਸਿੰਘ ਰਣੀਕੇ, ਸ੍ਰੀ ਸੁਰਜੀਤ ਕੁਮਾਰ ਜਿਆਣੀ ਤੇ ਸ੍ਰੀ ਸੁਰਜੀਤ ਸਿੰਘ ਰੱਖੜਾ, ਲੋਕ ਸਭਾ ਮੈਂਬਰ ਸ੍ਰੀ ਰਣਜੀਤ ਸਿੰਘ ਬ੍ਰਹਮਪੁਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਮੁੱਖ ਸੰਸਦੀ ਸਕੱਤਰ ਸ੍ਰੀ ਦੇਸ ਰਾਜ ਧੁੱਗਾ, ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਤੀਕਸ਼ਣ ਸੂਦ, ਜਸਟਿਸ (ਸੇਵਾਮੁਕਤ) ਨਿਰਮਲ ਸਿੰਘ, ਸ੍ਰੀਮਤੀ ਵਨਿੰਦਰ ਕੌਰ ਲੂੰਬਾ, ਸ੍ਰੀ ਜੋਗਿੰਦਰ ਸਿੰਘ, ਸ੍ਰੀ ਗੁਰਤੇਜ ਸਿੰਘ ਘੜਿਆਣਾ, ਸ੍ਰੀ ਦਰਸ਼ਨ ਸਿੰਘ ਸ਼ਿਵਾਲਿਕ, ਸ੍ਰੀ ਐਸ.ਆਰ. ਕਲੇਰ, ਸ੍ਰੀ ਮਹੇਸ਼ਇੰਦਰ ਸਿੰਘ ਬਰਾੜ ਤੇ ਸ੍ਰੀਮਤੀ ਰਾਜਵਿੰਦਰ ਕੌਰ (ਸਾਰੇ ਵਿਧਾਇਕ), ਵਿਧਾਨ ਸਭਾ ਦੇ ਸਾਬਕਾ ਸਪੀਕਰ ਸ੍ਰੀ ਨਿਰਮਲ ਸਿੰਘ ਕਾਹਲੋਂ, ਸਾਬਕਾ ਮੰਤਰੀ ਸ੍ਰੀ ਸੁੱਚਾ ਸਿੰਘ ਲੰਗਾਹ, ਸ੍ਰੀ ਹੀਰਾ ਸਿੰਘ ਗਾਬੜੀਆ, ਸ੍ਰੀ ਰਾਜ ਕੁਮਾਰ ਖੁਰਾਣਾ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ ਤੇ ਏ.ਡੀ.ਜੀ.ਪੀ. (ਟ੍ਰੈਫਿਕ) ਸ੍ਰੀ ਜਸਮਿੰਦਰ ਸਿੰਘ ਹਾਜ਼ਰ ਸਨ।
No comments:
Post a Comment